
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅੰਨਦਾਤਿਆਂ ਦੀ ਭਲਾਈ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਉਹਨਾਂ ਕਿਹਾ ਕਿ ਮ੍ਰਿਤਕ ਨੌਜਵਾਨ ਕਿਸਾਨ ਦੇ ਪਰਿਵਾਰ ਦੀ ਮਦਦ ਕਰਨਾ ਸੂਬਾ ਸਰਕਾਰ ਆਪਣਾ ਫਰਜ਼ ਸਮਝਦੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਸਖ਼ਤ ਮਿਹਨਤ ਸਦਕਾ ਭਾਰਤ ਅਨਾਜ ਪੱਖੋਂ ਆਤਮ ਨਿਰਭਰ ਮੁਲਕ ਬਣਿਆ ਜਿਸ ਕਰਕੇ ਦੇਸ਼ ਵਾਸੀ ਕਿਸਾਨਾਂ ਦੇ ਰਿਣੀ ਹਨ।
ਮੁੱਖ ਮੰਤਰੀ ਮਾਨ ਨੇ ਸੂਬੇ ਦੇ ਕਿਸਾਨਾਂ ਪ੍ਰਤੀ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਫਿਰ ਦੁਹਰਾਇਆ ਹੈ। ਉਹਨਾਂ ਕਿਹਾ ਕਿ ਉਹ ਖੁਦ ਨਿਮਨ ਕਿਸਾਨੀ ਪਰਿਵਾਰ ਨਾਲ ਸਬੰਧਿਤ ਹਨ ਇਸ ਲਈ ਉਹ ਕਿਸਾਨਾਂ ਦੀਆਂ ਦੁੱਖ – ਤਕਲੀਫ਼ਾਂ ਨੂੰ ਚੰਗੀ ਤਰਾਂ ਸਮਝਦੇ ਹਨ।

