
ਪਟਿਆਲਾ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਤਹਿਤ ਪੰਜਾਬ ਪੁਲਿਸ ਦੇ ਤਫ਼ਤੀਸ਼ੀ ਅਫ਼ਸਰਾਂ ਦੀ ਟਰੇਨਿੰਗ ਵਰਕਸ਼ਾਪ ਦਾ ਉਦਘਾਟਨ ਕੀਤਾ।
ਜਿਸ ਵਿੱਚ ਪੰਜਾਬ ਪੁਲਿਸ ਦੇ ਕਾਬਲ ਅਫ਼ਸਰਾਂ ਵੱਲੋਂ 6 ਦਿਨਾਂ ਦਾ ਕੈਂਪ ਲਗਾ ਕੇ ਪੁਲਿਸ ਦੇ ਜਵਾਨਾਂ ਨੂੰ NDPS ਦੇ ਕਾਨੂੰਨ ਮੁਤਾਬਕ ਨਸ਼ਾ ਤਸਕਰਾਂ ਖ਼ਿਲਾਫ਼ ਪੁਖ਼ਤਾ ਕਾਰਵਾਈ ਕਰਨ ਦੀ ਟਰੇਨਿੰਗ ਦਿੱਤੀ ਜਾਵੇਗੀ।ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਪੁਲਿਸ ਨੂੰ ਸਮੇਂ-ਸਮੇਂ ‘ਤੇ ਅਪਡੇਟ ਕਰ ਰਹੇ ਤਾਂ ਜੋ ਉਹ ਅਪਰਾਧੀਆਂ ਤੋਂ ਦੋ ਕਦਮ ਅੱਗੇ ਹੋ ਸਕੇ। ਪੰਜਾਬ ਪੁਲਿਸ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਾਡੀ ਸਰਕਾਰ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਨਫ਼ਰੀ ਨੂੰ ਵਧਾਉਣ ਲਈ ਅਸੀਂ ਆਉਣ ਵਾਲੇ ਸਮੇਂ ਵਿੱਚ ਵਿਧਾਨਸਭਾ ਵਿੱਚ ਬਿੱਲ ਪਾਸ ਕਰਕੇ 10,000 ਨਵੀਆਂ ਭਰਤੀਆਂ ਕੱਢਾਂਗੇ। ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਹੋਰ ਸੁਰੱਖਿਅਤ ਅਤੇ ਬਿਹਤਰ ਕਰਨ ਲਈ ਪੁਲਿਸ ਮੁਲਾਜ਼ਮਾਂ ਨੂੰ ਤਰੱਕੀਆਂ ਦੇ ਤੌਰ ‘ਤੇ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਣ ਲਈ ਰੁਜ਼ਗਾਰ ਅਤੇ ਖੇਡਾਂ ਨਾਲ ਜੋੜ ਰਹੇ ਹਾਂ। ਇਸ ਤੋਂ ਇਲਾਵਾ ਪ੍ਰਾਈਵੇਟ ਨਸ਼ਾ ਛੁਡਾਉ ਕੇਂਦਰਾਂ ਵਿੱਚ ਮਰੀਜ਼ ਨੌਜਵਾਨਾਂ ਦਾ ਧਿਆਨ ਸਰਕਾਰ ਦੀ ਨਿਗਰਾਨੀ ਹੇਠ ਰੱਖਿਆ ਜਾਵੇਗਾ। ਸਾਡੀ ਜਵਾਨੀ ਨੂੰ ਬਚਾਉਣ ਲਈ ਅਸੀਂ ਲਗਾਤਾਰ ਉਪਰਾਲੇ ਕਰ ਰਹੇ ਹਾਂ।

Comments