
ਸ੍ਰੀ ਅੰਮ੍ਰਿਤਸਰ ਸਾਹਿਬ – ਭਾਰਤ ਦੇ 76ਵੇ ਗਣਤੰਤਰ ਦਿਵਸ ਮੌਕੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਉ ਅੰਬੇਦਕਰ ਦੇ ਬੁੱਤ ਦੀ ਬੇਹੁਰਮਤੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ਼ ਸਟਰੀਟ ਵਿਖੇ ਸਥਾਪਿਤ ਡਾ. ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਅੱਜ ਜਦੋਂ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਗਣਤੰਤਰ ਦਿਵਸ ਨਾਲ ਸਬੰਧਤ ਸਮਾਗਮ ਕਰਵਾਏ ਜਾ ਰਹੇ ਸਨ ਤਾਂ ਇਸ ਇਤਿਹਾਸਿਕ ਦਿਹਾੜੇ ਮੌਕੇ ਸ਼ਾਮ ਦੇ ਤਕਰੀਬਨ ਚਾਰ ਵਜੇ ਇੱਕ ਸ਼ਰਾਰਤੀ ਅਨਸਰ ਅੰਮ੍ਰਿਤਸਰ ਸ਼ਹਿਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਤੋਂ ਤਕਰੀਬਨ ਇੱਕ ਕਿਲੋਮੀਟਰ ਦੂਰ ਹੈਰੀਟੇਜ਼ ਸਟਰੀਟ ‘ਤੇ ਸਥਾਪਿਤ ਡਾ. ਅੰਬੇਦਕਰ ਦੇ ਬੁੱਤ ਨੂੰ ਤੋੜਨ ਲਈ ਬੁੱਤ ਦੇ ਉੱਪਰ ਜਾ ਚੜ੍ਹਿਆ, ਉਸ ਵੱਲੋਂ ਹਥੌੜੇ ਨਾਲ ਬੁੱਤ ਭੰਨੇ ਜਾਣ ਦੀ ਕੋਸ਼ਿਸ਼ ਕੀਤੀ ਗਈ। ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਰੌਲਾ ਪਾਏ ਜਾਣ ਤੋਂ ਬਾਅਦ ਪਹੁੰਚੀ ਪੁਲਸ ਨੇ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ।
ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਉੱਚ ਪੁਲਸ ਅਧਿਕਾਰੀ ਵਿਸ਼ਾਲਜੀਤ ਸਿੰਘ ਨੇ ਕਿਹਾ, “ਅੱਜ, ਇੱਕ ਸ਼ਰਾਰਤੀ ਅਨਸਰ ਵੱਲੋਂ ਟਾਊਨ ਹਾਲ ਵਿਖੇ ਬਾਬਾ ਸਾਹਿਬ ਭੀਮ ਰਾਉ ਅੰਬੇਦਕਰ ਜੀ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਹੋਇਆਂ ਮੁਕੱਦਮਾ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਸ਼ੁਰੂਆਤੀ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੈ। ਜੇਕਰ ਇਸ ਮਾਮਲੇ ਵਿੱਚ ਕੋਈ ਹੋਰ ਵਿਅਕਤੀ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।” ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਹਰ ਤਰੀਕੇ ਨਾਲ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਫੜ੍ਹੇ ਗਏ ਮੁਲਜ਼ਮ ਦੀ ਸ਼ਨਾਖ਼ਤ ਅਕਾਸ਼ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਧਰਮਕੋਟ ਵਜੋਂ ਹੋਈ ਹੈ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੈ। ਪੁਲਸ ਹੁਣ ਇਸ ਘਟਨਾ ਪਿੱਛੇ ਲੁਕੀ ਕਿਸੇ ਸੰਭਾਵੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਗਣਤੰਤਰ ਦਿਵਸ ਮੌਕੇ ਵਾਪਰੀ ਇਸ ਘਟਨਾ ਮਗਰੋਂ ਪੰਜਾਬ ਦੇ ਸਿਆਸਤਦਾਨਾਂ ਨੇ ਸਿਆਸੀ ਰੋਟੀਆਂ ਸੇਕਣੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਸੇ ਸਿਟਿੰਗ ਜੱਜ ਕੋਲੋਂ ਪੜਤਾਲ ਕਰਵਾਉਣ ਦੀ ਮੰਗ ਕੀਤੀ ਹੈ।
ਭਾਜਪਾ ਆਗੂ ਵਿਜੇ ਸਾਂਪਲਾ ਨੇ ਇਸ ਘਟਨਾ ਨੂੰ ਸ੍ਰੀ ਦਰਬਾਰ ਸਾਹਿਬ ਨਾਲ ਜੋੜਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਕੋਲੋਂ ਸਪੱਸ਼ਟੀਕਰਨ ਦੀ ਮੰਗ ਕੀਤੀ ਹੈ।
ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।ਸੁਖਬੀਰ ਬਾਦਲ ਨੇ ਕਿਹਾ ਕਿ ਇਸ ਘਟਨਾ ਨਾਲ ਕਰੋੜਾਂ ਲੋਕਾਂ ਦੇ ਹਿਰਦੇ ਵਲੂੰਧਰੇ ਗਏ ਹਨ।ਉਨ੍ਹਾਂ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਸੱਦਾ ਵੀ ਦਿੱਤਾ ਹੈ।
ਇਸ ਘਟਨਾ ਮਗਰੋਂ ਸ਼ਹਿਰ ਦੇ ਵਾਲਮੀਕ ਸਮਾਜ ਵੱਲੋਂ ਭਲਕੇ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ, ਜਿਸ ਤੋਂ ਬਾਅਦ ਖੁਦ ਨੂੰ ਅੰਬੇਦਕਰ ਸਮਾਜ ਨਾਲ ਸਬੰਧਤ ਦੱਸਦੇ ਇਕ ਆਦਮੀ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਬੰਦ ਦਾ ਸੱਦਾ ਮੁਲਤਵੀ ਕਰਨ ਦੀ ਬੇਨਤੀ ਕੀਤੀ ਹੈ।

