
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੇਂਦਰ ਕੋਲੋਂ ਸੂਬੇ ਦੀ ਵਿੱਤੀ ਹਾਲਾਤ ਸੁਧਾਰਨ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਗਈ ਹੈ। ਵਿੱਤੀ ਸੂਝ-ਬੂਝ ਅਤੇ ਤੱਥਾਂ ‘ਤੇ ਅਧਾਰਤ ਮਜ਼ਬੂਤ ਕੇਸ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜੀਆ ਦੀ ਅਗਵਾਈ ਵਿੱਚ ਸੂਬੇ ਦੇ ਦੌਰੇ ‘ਤੇ ਆਈ 16ਵੇਂ ਵਿੱਤ ਕਮਿਸ਼ਨ ਦੀ ਟੀਮ ਤੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ 1,32,247 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਅਤੇ ਆਜ਼ਾਦੀ ਦੀ ਪ੍ਰਾਪਤੀ ਤੇ ਰੱਖਿਆ ਵਿੱਚ ਪੰਜਾਬ ਦੇ ਵਡਮੁੱਲੇ ਯੋਗਦਾਨ ਕਾਰਨ ਸੂਬੇ ਨੂੰ ਵਿਸ਼ੇਸ਼ ਆਰਥਿਕ ਪੈਕੇਜ ਦਿੱਤਾ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਪੈਕੇਜ ਅਧੀਨ ਕਿਸਾਨਾਂ ਨੂੰ ਮੌਜੂਦਾ ਸੰਕਟ ਵਿੱਚੋਂ ਕੱਢਣ ਲਈ ਅਤੇ ਫ਼ਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਲਈ ਕਮਿਸ਼ਨ ਦੀ ਟੀਮ ਤੋਂ 17,950 ਕਰੋੜ ਰੁਪਏ ਦੀ ਮੰਗ ਵੀ ਕੀਤੀ ਗਈ ਹੈ।
ਪੰਜਾਬ ਦੇ ਦੌਰੇ ‘ਤੇ ਆਏ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਅਤੇ ਬਾਕੀ ਮੈਂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਰਾਤ ਚੰਡੀਗੜ੍ਹ ਵਿੱਚ ਰਾਤ ਦੇ ਖਾਣੇ ਦੀ ਦਾਅਵਤ ਵਿੱਚ ਵੀ ਸ਼ਾਮਿਲ ਹੋਏ।
