
ਚੰਡੀਗੜ੍ਹ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀਆਂ ਖੇਤੀਬਾੜੀ ਸੰਬੰਧੀ ਵਸਤਾਂ ਤੇ ਸਾਜੋ-ਸਾਮਾਨ ਯਕੀਨੀ ਬਣਾਉਣ ਲਈ ਛੇੜੀ ਗਈ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਦੀਆਂ ਸਹਿਕਾਰੀ ਸਭਾਵਾਂ ਨੂੰ ਘਟੀਆ ਮਿਆਰ ਦੀ ਡਾਈਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ ਸਪਲਾਈ ਕਰਨ ਵਾਲੀਆਂ ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ।
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਕੰਪਨੀਆਂ ਵੱਲੋਂ ਮਾਰਕਫੈੱਡ ਨੂੰ ਸਪਲਾਈ ਕੀਤੇ ਗਏ ਡੀ.ਏ.ਪੀ. ਸਟਾਕ ਵਿੱਚੋਂ ਲਏ ਗਏ 40 ਨਮੂਨਿਆਂ ਵਿੱਚੋਂ 24 ਨਮੂਨੇ ਫੇਲ੍ਹ ਹੋਏ ਹਨ ਅਤੇ ਦੋ ਨਮੂਨਿਆਂ ਦੀ ਰਿਪੋਰਟ ਅਜੇ ਆਉਣੀ ਹੈ।
ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਮੁੱਖ ਜ਼ਿਲ੍ਹਾ ਖੇਤੀਬਾੜੀ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਗ਼ੈਰ-ਮਿਆਰੀ/ਨਕਲੀ ਖਾਦਾਂ ਜਾਂ ਕਿਸੇ ਹੋਰ ਖੇਤੀ ਉਤਪਾਦ ਸਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਹ ਪਹਿਲ ਦੇ ਆਧਾਰ ‘ਤੇ ਬਣਦੀ ਕਾਰਵਾਈ ਯਕੀਨੀ ਬਣਾਉਣ।

