
ਚੰਡੀਗੜ੍ਹ- ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿੱਚ ਸੱਪ ਦੇ ਡੰਗਣ ਉੱਤੇ ਪਸ਼ੂਆਂ ਦੇ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ।
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਸਾਰੇ 22 ਪੌਲੀਕਲੀਨਿਕਾਂ ਅਤੇ 97 ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ ਕਰਵਾਈ ਗਈ ਹੈ। ਇਸ ਪਹਿਲਕਦਮੀ ਦਾ ਉਦੇਸ਼ ਸੱਪ ਦੇ ਡੰਗ ਦਾ ਸ਼ਿਕਾਰ ਹੋਏ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਇਲਾਜ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਵੈਟਰਨਰੀ ਹਸਪਤਾਲ ਸੱਪ ਦੇ ਡੰਗਣ ਸਬੰਧੀ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਲੋੜੀਂਦੀ ਐਂਟੀ-ਵੇਨਮ ਦਵਾਈਆਂ ਅਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ ਨਾਲ ਲੈਸ ਹਨ।
ਸੱਪ ਦੇ ਡੰਗਣ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਸਮੇਂ ਸਿਰ ਇਲਾਜ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਪਾਲਤੂ ਜਾਨਵਰਾਂ ਦੇ ਮਾਲਕਾਂ ਅਤੇ ਪਸ਼ੂ ਪਾਲਕਾਂ ਨੂੰ ਇਸ ਸਹੂਲਤ ਅਤੇ ਸੱਪ ਦੇ ਡੰਗਣ ਦੇ ਲੱਛਣਾਂ ਬਾਰੇ ਜਾਗਰੂਕ ਕਰਨ ਅਤੇ ਲੋੜ ਪੈਣ ‘ਤੇ ਤੁਰੰਤ ਪਸ਼ੂਆਂ ਦਾ ਇਲਾਜ ਕਰਵਾਉਣ ਲਈ ਉਤਸ਼ਾਹਿਤ ਕਰਨ।
ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਕਿਸਾਨਾਂ ਨੂੰ ਇਸ ਸਹੂਲਤ ਬਾਰੇ ਜਾਗਰੂਕ ਕਰਨ ਲਈ ਹਰੇਕ ਵੈਟਰਨਰੀ ਹਸਪਤਾਲ ਵਿੱਚ ਐੱਸ.ਓ.ਪੀ. ਪ੍ਰਦਰਸ਼ਿਤ ਕੀਤੀ ਜਾਣੀ ਚਾਹੀਦੀ ਹੈ।
