
ਲੁਧਿਆਣਾ : ਲੁਧਿਆਣਾ ਵਿਚ ਦਿਨ ਦਿਹਾੜੇ ਨਿਹੰਗਾਂ ਵੱਲੋਂ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਰਫ਼ ਗੋਰਾ ‘ਤੇ ਤਲਵਾਰਾਂ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਲੁਧਿਆਣੇ ਦੇ ਪੁਲਸ ਕਮਿਸ਼ਨਰ ਕੁਲਦੀਪ ਚਾਹਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਦੋ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਲੁਧਿਆਣਾ ਪੁਲਸ ਨੇ ਫਤਹਿਗੜ੍ਹ ਸਾਹਿਬ ਪੁਲਸ ਦੇ ਨਾਲ ਸਾਂਝੀ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਫ਼ਤਿਹਗੜ੍ਹ ਸਾਹਿਬ ਤੋਂ ਕਾਬੂ ਕੀਤਾ ਹੈ। ਪੁਲਸ ਵੱਲੋਂ ਇੱਕ ਤੀਜੇ ਸ਼ੱਕੀ ਦੀ ਭਾਲ ਜਾਰੀ ਹੈ।ਪੁਲਸ ਵੱਲੋਂ ਫੜ੍ਹੇ ਗਏ ਦੋ ਨਿਹੰਗ ਬਾਬਾ ਬੁੱਢਾ ਦਲ ਨਾਲ ਸਬੰਧਤ ਦੱਸੇ ਗਏ ਹਨ। ਥਾਪਰ ਦੇ ਨਾਲ ਲਾਏ ਗਏ ਗੰਨਮੈਨ ਪੁਲਸ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਸ਼ਿਵ ਸੈਨਾ ਆਗੂ ਥਾਪਰ ਦੀ ਹਾਲਤ ਵਿਚ ਸੁਧਾਰ ਦੱਸਿਆ ਜਾ ਰਿਹਾ ਹੈ ਅਤੇ ਪੁਲਸ ਵਲੋਂ ਹੋਰ ਜਾਂਚ ਕੀਤੀ ਜਾ ਰਹੀ ਹੈ।
ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ਵਿੱਚ ਜ਼ੇਰੇ ਇਲਾਜ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਨੂੰ ਮਿਲਣ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਪੰਜਾਬ ਵਿਚ ਦਿਨੋ-ਦਿਨ ਹਿੰਸਕ ਘਟਨਾਵਾਂ ਵੱਧ ਰਹੀਆਂ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਾਖੜ ਨੇ ਕਿਹਾ ਕਿ ਸ਼ਿਵ ਸੈਨਾ ਆਗੂ ‘ਤੇ ਇਹ ਹਮਲਾ ਪੰਜਾਬ ਸਰਕਾਰ ਦੀ ਨਲਾਇਕੀ ਕਾਰਣ ਵਾਪਰਿਆ ਹੈ। ਪੰਜਾਬ ਵਿਚ ਕੋਈ ਵੀ ਉੱਠ ਕੇ ਕਿਸੇ ਦਾ ਵੀ ਸੋਧਾ ਲਗਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਆਲਮ ਇਹ ਹੈ ਕਿ ਕੋਈ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਐਮ.ਪੀ. ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ,ਅਮ੍ਰਿੰਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਅਤੇ ਬਠਿੰਡਾ ਤੋਂ ਐਮ.ਪੀ. ਹਰਸਿਮਰਤ ਕੌਰ ਬਾਦਲ ਨੇ ਥਾਪਰ ਉੱਪਰ ਹਮਲੇ ਦੀ ਨਿਖੇਧੀ ਕੀਤੀ ਹੈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ‘ਚ ‘ਜੰਗਲ ਰਾਜ’ ਬਣ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੁਣ ਗਫ਼ਲਤ ਦੀ ਨੀਂਦ ਵਿੱਚੋਂ ਜਾਗ ਜਾਣਾ ਚਾਹੀਦਾ ਹੈ ।
ਦੂਜੇ ਪਾਸੇ ਪੰਜਾਬ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਵਿਕਰਮ ਸਿੰਘ ਸਾਹਨੀ ਨੇ ਹਿੰਸਕ ਘਟਨਾ ਦੀ ਨਿਖੇਧੀ ਕਰਦੇ ਹੋਏ ਕਿਹਾ ਹੈ ਕਿ ਕਿਸੇ ਨੂੰ ਵੀ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਇਜ਼ਾਜਤ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਆਗੂ ਥਾਪਰ 6 ਜੂਨ ਨੂੰ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਲੱਡੂ ਵੰਡਣ ਅਤੇ ਪਿਛਲੇ ਸਾਲ ਪੰਜਾਬ ਵਿੱਚ ਆਏ ਹੜ੍ਹਾਂ ਮੌਕੇ ਕਿਸਾਨਾਂ ਦਾ ਮਜ਼ਾਕ ਉਡਾ ਰਿਹਾ ਸੀ ।

