
ਬਠਿੰਡਾ – ਪੰਜਾਬ ਸਰਕਾਰ ਵੱਲੋਂ ਨਕਲੀ ਕੀਟਨਾਸ਼ਕ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਰੰਗ ਲਿਆ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਹਰਿਆਣਾ ਤੋਂ ਆ ਰਹੇ ਪਿਕ-ਅੱਪ ਟਰੱਕ ’ਚੋਂ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ। ਇਹ ਕੀਟਨਾਸ਼ਕ ਬਠਿੰਡਾ ਅਤੇ ਨੇੜਲੇ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਸਪਲਾਈ ਕੀਤੇ ਜਾਣੇ ਸਨ। ਇਹ ਕਾਰਵਾਈ ਖੇਤੀਬਾੜੀ ਵਿਭਾਗ ਵੱਲੋਂ ਬਠਿੰਡਾ ਤੋਂ ਮੈਸਰਜ਼ ਵੁੱਡਲੈਂਡ ਐਗਰੀਟੇਕ ਇੰਡੀਆ (ਐੱਚ.ਆਰ.), ਕੈਥਲ ਦੀਆਂ 1200 ਲੀਟਰ ਕੀਟਨਾਸ਼ਕ ਦਵਾਈਆਂ ਜ਼ਬਤ ਕਰਨ ਤੋਂ ਕੁੱਝ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਟੀਮਾਂ ਨੇ 4.48 ਕੁਇੰਟਲ ਪਾਊਡਰ ਅਤੇ 34 ਲੀਟਰ ਵੱਖ-ਵੱਖ ਕੀਟਨਾਸ਼ਕ ਜ਼ਬਤ ਕੀਤੇ ਹਨ। ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਨਕਲੀ ਖਾਦਾਂ ਅਤੇ ਕੀਟਨਾਸ਼ਕ ਡੀਲਰਾਂ ਵਿਰੁੱਧ ਸ਼ਿਕੰਜਾ ਕੱਸਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਜ਼ਿਲ੍ਹਿਆਂ ਵਿੱਚ ਲਗਾਤਾਰ ਖਾਦਾਂ ਅਤੇ ਕੀਟਨਾਸ਼ਕਾਂ ਦੀ ਸੈਂਪਲਿੰਗ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਜ਼ਿਲ੍ਹਾ ਮਾਨਸਾ ਦੇ ਪਿੰਡ ਭੱਠਲਾ , ਝੁਨੀਰ , ਖ਼ਿਆਲੀ ਚਹਿਲਾਂ ਵਾਲੀ ਦੇ ਖੇਤਾਂ ਵਿੱਚ ਨਰਮੇ ਦੀ ਫ਼ਸਲ ਦਾ ਜਾਇਜ਼ਾ ਲੈਣ ਪਹੁੰਚੇ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਅਤੇ ਮਹਿਕਮੇ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤੇ ਅਧਿਕਾਰੀਆਂ ਨੂੰ ਕਿਸਾਨਾਂ ਨਾਲ ਤਾਲਮੇਲ ਰੱਖਣ ਦੇ ਨਿਰਦੇਸ਼ ਦਿੱਤੇ।
