
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਰਾਸ਼ਨ ਡੀਪੂ ਹੋਲਡਰਾਂ ਦੀ ਬਕਾਇਆ ਰਾਸ਼ੀ ਜਲਦੀ ਦਿੱਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਪੂ ਹੋਲਡਰਾਂ ਅਤੇ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਸ਼ਾਮਿਲ ਸਾਰੇ ਹਿੱਸੇਦਾਰਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਡਿਪੂ ਹੋਲਡਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਸਮੁੱਚੀ ਵਚਨਬੱਧਤਾ ਦੇ ਹਿੱਸੇ ਵਜੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਡਿਪੂ ਹੋਲਡਰਾਂ ਨੂੰ ਅਦਾ ਕੀਤੇ ਜਾਣ ਵਾਲੇ ਕਮਿਸ਼ਨ ਦੀ ਬਕਾਇਆ 45 ਕਰੋੜ ਰੁਪਏ ਦੀ ਮਾਰਜਨ ਮਨੀ ਅਗਲੇ ਹਫਤੇ ਤੱਕ ਸਿੱਧੇ ਡਿਪੂ ਹੋਲਡਰਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰ ਦਿੱਤੀ ਜਾਵੇਗੀ।

