
ਚੰਡੀਗੜ੍ਹ-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਸਮੇਤ ਸੂਬੇ ਵਿੱਚ ਚੋਣਾਂ ਲਈ ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਪੋਲਿੰਗ ਸਟਾਫ ਨੂੰ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਆਸ਼ਾ ਵਰਕਰਾਂ ਨੂੰ ਐਮਰਜੈਂਸੀ ਮੈਡੀਕਲ ਹਾਲਾਤਾਂ ਨਾਲ ਨਜਿੱਠਣ ਲਈ ਪੋਲਿੰਗ ਸਟੇਸ਼ਨਾਂ ‘ਤੇ ਤਾਇਨਾਤ ਕੀਤਾ ਜਾਵੇਗਾ। ਪੋਲਿੰਗ ਸਟੇਸ਼ਨ ‘ਤੇ ਫਸਟ ਏਡ ਕਿੱਟਾਂ, ਓਰਲ ਰੀਹਾਈਡਰੇਸ਼ਨ ਸਲਿਊਸ਼ਨ , ਸ਼ੂਗਰ ਕੈਂਡੀਜ਼, ਦਵਾਈਆਂ ਅਤੇ ਮੱਲ੍ਹਮ-ਪੱਟੀਆਂ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਇਸ ਤੋਂ ਇਲਾਵਾ ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ ‘ਤੇ ‘ਛਬੀਲ’ ਵੀ ਲਗਾਈ ਜਾਵੇਗੀ।ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ “ਇਸ ਵਾਰ 70 ਪਾਰ” ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ।ਚੋਣ ਅਧਿਕਾਰੀਆਂ ਮੁਤਾਬਕ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਸਾਰੇ ਪੋਲਿੰਗ ਸਟੇਸ਼ਨਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗੀ। ਇਸ ਪੜਾਅ ‘ਚ 2.14 ਕਰੋੜ ਤੋਂ ਵੱਧ ਵੋਟਰ ਹਨ। ਪੰਜਾਬ ਵਿੱਚ 26 ਔਰਤਾਂ ਸਮੇਤ ਕੁੱਲ 328 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਦਕਿ ਚੰਡੀਗੜ੍ਹ ਵਿੱਚ ਦੋ ਔਰਤਾਂ ਸਮੇਤ 19 ਉਮੀਦਵਾਰ ਚੋਣ ਲੜ ਰਹੇ ਹਨ।
