ਸੁਲਤਾਨਪੁਰ ਲੋਧੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦੀ 25ਵੀਂ ਵਰ੍ਹੇਗੰਢ ਮੌਕੇ ਰੱਖੇ ਸਮਾਗਮ ‘ਚ ਸ਼ਿਰਕਤ ਕੀਤੀ।
ਇਸ ਮੌਕੇ ਮੁੱਖ ਮੰਤਰੀ ਨੇ ਆਪਣੇ ਹੱਥੀਂ ਬੂਟੇ ਲਗਾਏ । ਮੁੱਖ ਮੰਤਰੀ ਨੇ ਕਿਹਾ ਕਿ 25 ਸਾਲਾਂ ਦੇ ਲੰਮੇ ਅਰਸੇ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਸੇਵਾਦਾਰਾਂ ਅਤੇ ਸੰਗਤਾਂ ਨੂੰ ਨਾਲ ਲੈ ਕੇ 165 ਕਿਲੋਮੀਟਰ ਲੰਮੀ ਨਦੀ ਨੂੰ ਸਾਫ਼ ਕਰਕੇ ਪਾਣੀ ਦੇ ਕੁਦਰਤੀ ਸਰੋਤਾਂ ਨੂੰ ਬਚਾਉਣ ਦੀ ਅਨੋਖੀ ਮਿਸਾਲ ਪੈਦਾ ਕੀਤੀ ਹੈ। ਉਹਨਾਂ ਵੱਲੋਂ ਸ਼ੁਰੂ ਕੀਤਾ ਇਹ ਸਫ਼ਰ ਕੇਵਲ ਸਾਫ਼-ਸਫ਼ਾਈ ਤੱਕ ਸੀਮਤ ਨਹੀਂ ਹੈ, ਬਲਕਿ ਇੱਕ ਵੱਡੀ ਵਾਤਾਵਰਣ ਅਤੇ ਅਧਿਆਤਮਕ ਚੇਤਨਾ ਲਹਿਰ ਬਣ ਚੁੱਕੀ ਹੈ। ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਅਸੀਂ ਹਵਾ, ਪਾਣੀ ਅਤੇ ਧਰਤੀ ਪ੍ਰਤੀ ਆਪਣੇ ਬਣਦੇ ਫ਼ਰਜ਼ ਨਿਭਾਈਏ। ਗੁਰੂ ਸਾਹਿਬਾਨਾਂ ਦੇ ਮਹਾਂਵਾਕ ਅਨੁਸਾਰ ਵਾਤਾਵਰਣ ਪ੍ਰਤੀ ਸੁਚੇਤ ਹੋਈਏ ਅਤੇ ਕੁਦਰਤੀ ਸੋਮਿਆਂ ਨੂੰ ਆਪਣੀਆਂ ਆਉਣ ਵਾਲੀਆਂ ਨਸਲਾਂ ਲਈ ਸਾਂਭੀਏ।
ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੇਈਂ ਨਦੀ ਤੋਂ ਬਾਅਦ ਅਗਲਾ ਟੀਚਾ ਸਾਡਾ ਬੁੱਢੇ ਨਾਲੇ ਦੀ ਸਫ਼ਾਈ ਦਾ ਹੈ, ਜਿਸ ਨੂੰ ਪੂਰਾ ਕਰਨ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੂੰ ਜ਼ਿੰਮੇਵਾਰੀ ਸੌਂਪੀ ਹੈ। ਸਾਡੇ ਪਾਣੀਆਂ ਨੂੰ ਬਚਾਉਣ ਲਈ ਸਾਡੇ ਕੋਲ ਬਜਟ ਦੀ ਕੋਈ ਕਮੀ ਨਹੀਂ ਹੈ। ਗੁਰੂਆਂ ਦੇ ਆਸ਼ੀਰਵਾਦ ਨਾਲ ਅਸੀਂ ਮਨੁੱਖਤਾ ਦੀ ਸੇਵਾ ਵਿੱਚ ਲੱਗੇ ਹੋਏ ਹਾਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਧਾਰਮਿਕ ਗ੍ਰੰਥਾਂ ਦੀਆਂ ਵਧਦੀਆਂ ਬੇਅਦਬੀਆਂ ਨੂੰ ਠੱਲ੍ਹ ਪਾਉਣ ਲਈ ਅਸੀਂ ਬੇਅਦਬੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਸਜ਼ਾ ਵਾਲਾ ਕਾਨੂੰਨ ਲੈ ਕੇ ਆਏ ਹਾਂ। ਕਿਸੇ ਵੀ ਹਾਲਤ ਵਿੱਚ ਬੇਅਦਬੀ ਕਰਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਗੁਨਾਹਗਾਰ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ।
Comments