ਅੰਮ੍ਰਿਤਸਰ- ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦਰਮਿਆਨ ਖਿਚੋਤਾਣ ਹੋਰ ਵਧ ਗਈ ਹੈ। ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਲੋਂ ਪੰਜ ਪਿਆਰਿਆਂ ਦੇ ਨਾਲ ਮੀਟਿੰਗ ਕਰਕੇ ਸ੍ਰੀ ਅਕਾਲ ਤਖ਼ਤ ਦੇ ਆਦੇਸ਼ ਨੂੰ ਨਾ ਸਿਰਫ ਰੱਦ ਕੀਤਾ ਗਿਆ ਸਗੋਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੂੰ ਤਨਖਾਹੀਆ ਐਲਾਨ ਦਿੱਤਾ ਗਿਆ। ਇਸੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ‘ਸਾਜਿਸ਼ਘਾੜਾ’ ਕਰਾਰ ਦਿੰਦਿਆਂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ।
ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਦੀ ਇਕ ਮੀਟਿੰਗ ਜਥੇਦਾਰ ਭਾਈ ਬਲਦੇਵ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਤਖ਼ਤ ਦੇ ਵਧੀਕ ਹੈੱਡ ਗ੍ਰੰਥੀ ਭਾਈ ਦਲੀਪ ਸਿੰਘ ਤੇ ਭਾਈ ਗੁਰਦਿਆਲ ਸਿੰਘ, ਸੀਨੀਅਰ ਮੀਤ ਗ੍ਰੰਥੀ ਭਾਈ ਪਰਸ਼ੂਰਾਮ ਸਿੰਘ ਅਤੇ ਮੀਤ ਗ੍ਰੰਥੀ ਭਾਈ ਅਮਰਜੀਤ ਸਿੰਘ ਸ਼ਾਮਲ ਹੋਏ । ਮੀਟਿੰਗ ਤੋਂ ਬਾਅਦ ਹਾਰੀ ਕੀਤੇ ਗਏ ਹੁਕਮਨਾਮੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਜਥੇਦਾਰ ਬਾਬਾ ਟੇਕ ਸਿੰਘ ਨੂੰ ਕਥਿਤ ਅਤੇ ਆਪੇ ਥਾਪੇ ਜਥੇਦਾਰ ਦੱਸਿਆ ਗਿਆ ਹੈ ।
ਇਸ ਹੁਕਮਨਾਮੇ ਵਿੱਚ ਸ੍ਰੀ ਅਕਾਲ ਤਖ਼ਤ ਤੋਂ ਅੱਜ ਜਾਰੀ ਕੀਤੇ ਗਏ ਆਦੇਸ਼ ਨੂੰ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ ਅਤੇ ਇਸ ਨੂੰ ਰੱਦ ਕਰ ਦਿੱਤਾ ਗਿਆ। ਇਸ ਨੂੰ ਪ੍ਰਬੰਧਕੀ ਕਮੇਟੀ ਦੇ ਅਧਿਕਾਰ ਅਤੇ ਸ਼ਕਤੀਆਂ ਵਿੱਚ ਦਖਲਅੰਦਾਜ਼ੀ ਦੱਸਦਿਆਂ ਰੱਦ ਕਰ ਦਿੱਤਾ ਗਿਆ ਹੈ । ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 10 ਦਿਨਾਂ ਦੇ ਅੰਦਰ-ਅੰਦਰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਖੁਦ ਹਾਜ਼ਰ ਹੋ ਕੇ ਆਪਣਾ ਪੱਖ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਤਖ਼ਤ ਸਾਹਿਬ ਦੇ ਆਦੇਸ਼ ਦੀ ਉਲੰਘਣਾ ਕਰਨ ਤੇ ਉਸ ਖ਼ਿਲਾਫ਼ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਹੁਕਮਨਾਮੇ ਵਿੱਚ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਵੀ ਆਦੇਸ਼ ਦਿੱਤਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਤੋ ਜਾਰੀ ਕੀਤੇ ਗਏ ਆਦੇਸ਼, ਜਿਸ ਵਿੱਚ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਨੂੰ ਤਲਬ ਕੀਤਾ ਗਿਆ ਹੈ, ਸਬੰਧੀ ਆਦੇਸ਼ ਤੇ ਰੋਕ ਲਾਈ ਜਾਂਦੀ ਹੈ ਅਤੇ ਜੇ ਕੋਈ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਜਾਰੀ ਹੁਕਮਨਾਮੇ ਦਾ ਵਿਰੋਧ ਕਰਦਾ ਹੈ ਜਾਂ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਸ ਖ਼ਿਲਾਫ਼ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਸ ਹੁਕਮਨਾਮੇ ਮੁਤਾਬਕ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਦੋਸ਼ਮੁਕਤ ਕਰਾਰ ਦੇਣ ਦੇ ਸ੍ਰੀ ਅਕਾਲ ਤਖ਼ਤ ਦੇ ਫ਼ੈਸਲੇ ਨੂੰ ਵੀ ਮੰਨਣ ਤੋਂ ਇਨਕਾਰ ਕੀਤਾ ਗਿਆ ਹੈ ।ਇਹ ਕਿਹਾ ਗਿਆ ਹੈ ਕਿ ਜਥੇਦਾਰ ਗੌਹਰ ਪਹਿਲਾਂ ਜਾਰੀ ਹੁਕਮਨਾਮੇ ਮੁਤਾਬਕ ਤਨਖਾਹੀਆ ਅਤੇ ਪੰਥ ਵਿੱਚੋਂ ਛੇਕੇ ਹੋਏ ਹਨ, ਉਹਨਾਂ ਉੱਪਰ ਹੁਕਮਨਾਮਾ ਲਾਗੂ ਰਹੇਗਾ।
ਅਕਾਲ ਤਖ਼ਤ ਤੋਂ ਪੂਰੀ ਤਰ੍ਹਾਂ ਨਾਬਰ ਹੁੰਦਿਆਂ ਇਹ ਕਿਹਾ ਗਿਆ ਹੈ ਕਿ ਕਿਸੇ ਵੀ ਤਖ਼ਤ ਜਾਂ ਸਿੰਘ ਸਾਹਿਬਾਨ ਦਾ ਕੋਈ ਵੀ ਫੈਸਲਾ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਲਾਗੂ ਨਹੀਂ ਹੋਵੇਗਾ ।ਸੂਝਵਾਨ ਸਿੱਖ ਸੰਗਤਾਂ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਇਹਨਾਂ ਹੁਕਮਾਂ ਨੂੰ ਦਿੱਲੀ ਦੇ ਇਸ਼ਾਰੇ ‘ਤੇ ਕੀਤੀ ਗਈ ਕਾਰਵਾਈ ਕਰਾਰ ਦਿੱਤਾ ਗਿਆ ਹੈ ।
Comments