ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਐਲਾਨੀ ਰਾਸ਼ੀ ਨੂੰ ਨਾਕਾਫੀ ਦੱਸਿਆ ਹੈ । ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਲਈ ਐਲਾਨੀ ਗਈ 1,600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਵਧਾਉਣ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫ਼ੀ ‘ਤੇ ਵਿਚਾਰ ਕਰਨ।
ਉਨ੍ਹਾਂ ਪੰਜਾਬ ਸਰਕਾਰ ਕੋਲੋਂ ਸਪੱਸ਼ਟੀਕਰਨ ਮੰਗਿਆ ਹੈ , ਉਨ੍ਹਾ ਕਿਹਾ, “ਕਿਉਂਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਇਹ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ ਕਿ ਆਫ਼ਤ ਪ੍ਰਬੰਧਨ ਫੰਡ ਅਧੀਨ 12,000 ਕਰੋੜ ਰੁਪਏ ਹੋਣ ਦੇ ਬਾਵਜੂਦ ਇਹ ਸਹਾਇਤਾ ਜਾਰੀ ਕਰਨ ਵਿੱਚ ਅਸਫਲ ਰਹੀ ਜਦਕਿ ਹੁਣ ਇਸਦੀ ਸਭ ਤੋਂ ਵੱਧ ਲੋੜ ਸੀ। ‘ਆਪ’ ਸਰਕਾਰ ਦੀ ਇਸ ਨਲਾਇਕੀ ਨੇ ਪੰਜਾਬੀਆਂ ਦੀਆਂ ਮੁਸੀਬਤਾਂ ਨੂੰ ਹੋਰ ਵਧਾ ਦਿੱਤਾ ਹੈ।”
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਾਅਦਾ ਕਰਦਾ ਹੈ ਕਿ ਅਸੀਂ ਹਰੇਕ ਹੜ੍ਹ ਪ੍ਰਭਾਵਿਤ ਕਿਸਾਨ ਨੂੰ ਮੁੜ ਆਪਣੇ ਪੈਰਾਂ ‘ਤੇ ਖੜ੍ਹਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ । ਸ. ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਅਸੀਂ ਨਾ ਸਿਰਫ਼ ਕਿਸਾਨਾਂ ਨੂੰ ਲੋੜੀਂਦੀ ਰਾਹਤ ਸਮੱਗਰੀ ਪਹੁੰਚਾਵਾਂਗੇ, ਬਲਕਿ ਉਨ੍ਹਾਂ ਨੂੰ ਆਉਣ ਵਾਲੀ ਕਣਕ ਦੀ ਫ਼ਸਲ ਬੀਜਣ ਵਿੱਚ ਵੀ ਮਦਦ ਕਰਾਂਗੇ ।
Comments