
ਲੁਧਿਆਣਾ – ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੱਲ੍ਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਅਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਸੁਣੀਆਂ।
ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਵੇਖ ਕੇ ਬਹੁਤ ਅਫ਼ਸੋਸ ਹੋਇਆ ਕਿ ਜਿਨ੍ਹਾਂ ਨੇ ਪੰਜਾਬ ਨੂੰ ਆਪਣੀ ਕਾਬਲੀਅਤ ਦੇ ਜੋਰ ਨਾਲ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਾ ਹੈ, ਉਹ ਸੜਕਾਂ ਤੇ ਬੈਠ ਕੇ ਧਰਨੇ ਲਾ ਰਹੇ ਹਨ, ਪਰ ਸਰਕਾਰ ਦਾ ਉਨ੍ਹਾਂ ਵੱਲ ਧਿਆਨ ਤੱਕ ਨਹੀਂ।
ਮੁਲਾਕਾਤ ਮਗਰੋਂ ਵਿਦਿਆਰਥੀਆਂ ਨੂੰ ਭਰੋਸਾ ਦਿੰਦੇ ਹੋਏ ਅਕਾਲੀ ਆਗੂ ਨੇ ਕਿਹਾ, “ਮੈਂ ਇਨ੍ਹਾਂ ਵਿਦਿਆਰਥੀਆਂ ਨਾਲ ਵਿਚਾਰ ਚਰਚਾ ਦੌਰਾਨ ਭਰੋਸਾ ਦੇ ਕੇ ਆਇਆ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਸਾਰ ਹੀ ਇਨ੍ਹਾਂ ਦੀਆਂ ਸਾਰੀਆਂ ਮੰਗਾਂ, ਜਿਸ ਵਿੱਚ ਨੌਕਰੀ ਪ੍ਰਮੁੱਖ ਹੈ, ਨੂੰ ਸਵੀਕਾਰ ਕਰਕੇ ਲਾਗੂ ਕੀਤਾ ਜਾਵੇਗਾ।”

