
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦਾ ਅੰਦਰੂਨੀ ਸੰਕਟ ਹੋਰ ਡੂੰਘਾ ਹੋ ਗਿਆ ਹੈ। ਅਕਾਲੀ ਦਲ ਦੀ ਅਨੁਸ਼ਾਸਨ ਕਮੇਟੀ ਵੱਲੋਂ ਅੱਜ ਵੱਡੀ ਕਾਰਵਾਈ ਕਰਦਿਆਂ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਨੇ ਬਾਗੀ ਧੜੇ ਦੇ 8 ਵੱਡੇ ਆਗੂਆਂ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਸੀ। ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਵੱਡੀ ਕਾਰਵਾਈ ਕਰਦਿਆਂ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਅਤੇ ਚਰਨਜੀਤ ਸਿੰਘ ਬਰਾੜ ਨੂੰ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ‘ਚੋਂ ਪਹਿਲਾਂ ਹੀ ਬਾਹਰ ਕਰ ਦਿੱਤਾ ਹੋਇਆ ਹੈ।
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਬਲਵਿੰਦਰ ਸਿੰਘ ਭੂੰਦੜ ਅਤੇ ਮਹੇਸ਼ ਇੰਦਰ ਸਿੰਘ ਗਰੇਵਾਲ ਤੋਂ ਇਲਾਵਾ ਹੋਰ ਵੀ ਕਈ ਵੱਡੇ ਆਗੂ ਮੌਜੂਦ ਰਹੇ। ਇਸ ਮੀਟਿੰਗ ਵਿਚ ਅਕਾਲੀ ਦਲ ਤੋਂ ਲਗਾਤਾਰ ਬਾਗੀ ਚੱਲਦੇ ਆ ਰਹੇ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਅਕਾਲੀ ਦਲ ਵਿਚੋਂ ਬਾਹਰ ਕੱਢਣ ਦਾ ਫ਼ੈਸਲਾ ਕੀਤਾ ਗਿਆ ਹੈ।
ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ‘ਚੋਂ ਬਾਹਰ ਕੱਢੇ ਜਾਣ ਤੋਂ ਪਹਿਲਾਂ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਆਖਿਆ ਹੈ ਕਿ ਅਕਾਲੀ ਦਲ ਸੁਧਾਰ ਲਹਿਰ ਚਲਾਉਣ ਵਾਲੇ ਪਹਿਲਾਂ ਆਪਣੇ ਆਪ ਨੂੰ ਸੁਧਾਰ ਲੈਣ। ਸੁਖਦੇਵ ਢੀਂਡਸਾ ਕੋਲ ਇੰਨਾ ਅਧਿਕਾਰ ਨਹੀਂ ਹੈ ਕਿ ਉਹ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਫ਼ੈਸਲੇ ਨੂੰ ਰੱਦ ਕਰ ਸਕਣ। ਇਸ ਦੌਰਾਨ ਅਕਾਲੀ ਦਲ ਨੇ ਸਾਫ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ ਕਿ ਕੋਈ ਇਹ ਨਾ ਸੋਚੇ ਕਿ ਅਕਾਲੀ ਦਲ ਦੇ ਦਫਤਰ ਜਾਂ ਚੋਣ ਨਿਸ਼ਾਨ ਤੱਕੜੀ ‘ਤੇ ਕਬਜ਼ਾ ਕਰ ਸਕਦਾ ਹੈ।
